ਅੱਜ 12 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਹੋਣਗੇ ਆਰੰਭ, ਭਾਈ ਦਲੇਰ ਸਿੰਘ ਡੋਡ ਵੱਲੋਂ ਸੰਗਤਾਂ ਨੂੰ ਸ਼ਮੂਲੀਅਤ ਦੀ ਅਪੀਲ
ਫਰੀਦਕੋਟ, 11 ਅਕਤੂਬਰ ,
ਬਰਗਾੜੀ ਬੇਅਦਬੀ ਕਾਂਡ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵੱਲੋਂ ਧਾਰਮਿਕ ਸਮਾਗਮ ਅਤੇ ‘ਪੰਥਕ ਪੈੜਾਂ ਮਾਰਚ’ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਤਹਿਤ 12 ਅਕਤੂਬਰ ਨੂੰ ਕੋਟਕਪੂਰਾ ਚੌਂਕ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ, ਜਦਕਿ 14 ਅਕਤੂਬਰ ਨੂੰ ਭੋਗ ਪੈਣ ਉਪਰੰਤ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਂਕ ਤੋਂ ਬਹਿਬਲ ਕਲਾਂ ਯਾਦਗਾਰੀ ਗੇਟ ਤੱਕ ਪੰਥਕ ਪੈੜਾਂ ਮਾਰਚ ਕੱਢਿਆ ਜਾਵੇਗਾ। ਪਾਰਟੀ ਵੱਲੋਂ ਇਸ ਪ੍ਰੋਗਰਾਮ ਰਾਹੀਂ ਗੁਰੂ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਉਠਾਉਣ ਅਤੇ ਸੰਗਤਾਂ ਨੂੰ ਅਰਦਾਸ ਲਈ ਇਕੱਠੇ ਹੋਣ ਦਾ ਸੱਦਾ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਹਲਕਾ ਫਰੀਦਕੋਟ ਇੰਚਾਰਜ ਭਾਈ ਦਲੇਰ ਸਿੰਘ ਡੋਡ ਨੇ ਕਿਹਾ ਕਿ ਬਰਗਾੜੀ ਬੇਅਦਬੀ ਕਾਂਡ ਨਾਲ ਜੁੜੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨਾਲ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕਰਨ ਅਤੇ ਬੇਅਦਬੀ ਦੇ ਮਾਮਲਿਆਂ ਵਿੱਚ ਇਨਸਾਫ਼ ਦੀ ਆਵਾਜ਼ ਬੁਲੰਦ ਕਰਨ ਦੇ ਉਦੇਸ਼ ਨਾਲ ਇਹ ਪੰਥਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 12 ਅਕਤੂਬਰ ਨੂੰ ਕੋਟਕਪੂਰਾ ਚੌਂਕ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ ਅਤੇ 14 ਅਕਤੂਬਰ ਨੂੰ ਭੋਗ ਪਾਏ ਜਾਣਗੇ। ਇਸ ਉਪਰੰਤ ਸੰਗਤਾਂ ਦੀ ਸ਼ਮੂਲੀਅਤ ਨਾਲ ਬੱਤੀਆਂ ਵਾਲੇ ਚੌਂਕ, ਕੋਟਕਪੂਰਾ ਤੋਂ ਬਹਿਬਲ ਕਲਾਂ ਯਾਦਗਾਰੀ ਗੇਟ ਤੱਕ ‘ਪੰਥਕ ਪੈੜਾਂ ਮਾਰਚ’ ਕੱਢਿਆ ਜਾਵੇਗਾ।
ਭਾਈ ਦਲੇਰ ਸਿੰਘ ਡੋਡ ਨੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ, ਪੰਥਕ ਜਥੇਬੰਦੀਆਂ ਅਤੇ ਸਿੱਖ ਸੰਸਥਾਵਾਂ ਨੂੰ ਇਸ ਧਾਰਮਿਕ ਸਮਾਗਮ ਅਤੇ ਮਾਰਚ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।