ਅੱਜ ਦਾ ਦਿਨ:
ਲੋਕ
ਅਵਾਜ਼
Lok Awaz Tv
ਸੱਚੀ ਆਵਾਜ਼, ਲੋਕਾਂ ਲਈ
NEWS | PUNJAB | INDIA | WORLD
Breaking News
Home Punjab ਦਸਵੀਂ ਜਮਾਤ ਦੀ ਵਿਦਿਆਰਥਣ ਦੀ ਕੁੱਟਮਾਰ ਦੇ ਦੋਸ਼, ਪਿ...

ਦਸਵੀਂ ਜਮਾਤ ਦੀ ਵਿਦਿਆਰਥਣ ਦੀ ਕੁੱਟਮਾਰ ਦੇ ਦੋਸ਼, ਪਿਤਾ ਨੇ ਮੰਗਿਆ ਇਨਸਾਫ਼ , ਪ੍ਰਿੰਸੀਪਲ ਨੇ ਦੋਸ਼ ਨਕਾਰੇ

ਦਸਵੀਂ ਜਮਾਤ ਦੀ ਵਿਦਿਆਰਥਣ ਦੀ ਕੁੱਟਮਾਰ ਦੇ ਦੋਸ਼, ਪਿਤਾ ਨੇ ਮੰਗਿਆ ਇਨਸਾਫ਼ , ਪ੍ਰਿੰਸੀਪਲ ਨੇ ਦੋਸ਼ ਨਕਾਰੇ

ਵਿਦਿਆਰਥਣ ਦੇ ਪਿਤਾ ਨੇ ਅਧਿਆਪਕ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

 
ਫਿਰੋਜ਼ਪੁਰ, 11 ਅਕਤੂਬਰ ,
ਫਿਰੋਜ਼ਪੁਰ ਜ਼ਿਲ੍ਹੇ ਵਿੱਚ ਇੱਕ ਨਿੱਜੀ ਸਕੂਲ ਦੇ ਅਧਿਆਪਕ ’ਤੇ ਦਸਵੀਂ ਜਮਾਤ ਵਿੱਚ ਪੜ੍ਹਦੀ ਨਾਬਾਲਗ ਵਿਦਿਆਰਥਣ ਦੀ ਕੁੱਟਮਾਰ ਕਰਨ ਦੇ ਦੋਸ਼ ਲੱਗੇ ਹਨ। ਵਿਦਿਆਰਥਣ ਦੇ ਪਿਤਾ ਜਗਸੀਰ ਸਿੰਘ ਪੁੱਤਰ ਮਹਿੰਦਰ ਸਿੰਘ ਨੇ ਸਵੈ-ਘੋਸ਼ਣਾ ਪੱਤਰ ਜਾਰੀ ਕਰਦਿਆਂ ਦੋਸ਼ ਲਗਾਇਆ ਹੈ ਕਿ ਉਸ ਦੀ ਧੀ ਨਾਲ ਸਕੂਲ ਵਿੱਚ ਕੁੱਟਮਾਰ ਕੀਤੀ ਗਈ, ਜਿਸ ਕਾਰਨ ਉਸ ਦੀ ਸਿਹਤ ਵਿਗੜ ਗਈ ਅਤੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਉਣਾ ਪਿਆ। ਦੂਜੇ ਪਾਸੇ, ਸਕੂਲ ਦੇ ਪ੍ਰਿੰਸੀਪਲ ਨੇ ਕੁੱਟਮਾਰ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਹੈ ਕਿ ਵਿਦਿਆਰਥਣ ਦੀ ਸਿਹਤ ਖ਼ਰਾਬ ਹੋਣ ਕਾਰਨ ਉਸ ਨੂੰ ਪਾਣੀ ਪਿਲਾ ਕੇ ਦਫ਼ਤਰ ਵਿੱਚ ਬਿਠਾਇਆ ਗਿਆ ਅਤੇ ਪਰਿਵਾਰ ਨਾਲ ਸੰਪਰਕ ਕਰਨ ਤੋਂ ਬਾਅਦ ਘਰ ਭੇਜ ਦਿੱਤਾ ਗਿਆ ਸੀ।
                   ਵਿਦਿਆਰਥਣ ਦੇ ਪਿਤਾ ਜਗਸੀਰ ਸਿੰਘ ਅਨੁਸਾਰ, ਉਸ ਦੀ ਕਰੀਬ 16 ਸਾਲਾ ਧੀ ਅਨਮੋਲਪ੍ਰੀਤ ਕੌਰ ਕੁੱਲਗੜ੍ਹੀ ਤੋਂ ਸੋਢੀ ਨਗਰ ਨੂੰ ਜਾਂਦੀ ਲਿੰਕ ਸੜਕ ’ਤੇ ਸਥਿਤ ਸ਼ਹੀਦ ਭਗਤ ਸਿੰਘ ਪਬਲਿਕ ਸਕੂਲ ਵਿੱਚ ਦਸਵੀਂ ਜਮਾਤ ਦੀ ਵਿਦਿਆਰਥਣ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਧੀ ਵੱਲੋਂ ਘਰ ਦਾ ਕੰਮ ਪੂਰਾ ਕੀਤਾ ਹੋਣ ਦੇ ਬਾਵਜੂਦ ਅਧਿਆਪਕ ਨੇ ਉਸ ਦੀ ਕੁੱਟਮਾਰ ਕੀਤੀ। ਪਿਤਾ ਦਾ ਕਹਿਣਾ ਹੈ ਕਿ ਇਸ ਘਟਨਾ ਤੋਂ ਬਾਅਦ ਬੱਚੀ ਦੀ ਹਾਲਤ ਵਿਗੜ ਗਈ ਅਤੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਣਾ ਪਿਆ। ਜਗਸੀਰ ਸਿੰਘ ਨੇ ਦੱਸਿਆ ਕਿ ਉਸ ਦੀ ਧੀ ਨੂੰ ਪਹਿਲਾਂ ਤੋਂ ਹੀ ਸਿਹਤ ਸਬੰਧੀ ਸਮੱਸਿਆ ਹੈ, ਜਿਸ ਬਾਰੇ ਸਕੂਲ ਪ੍ਰਬੰਧਕਾਂ ਨੂੰ ਪਹਿਲਾਂ ਹੀ ਜਾਣੂ ਕਰਵਾਇਆ ਹੋਇਆ ਸੀ। ਉਨ੍ਹਾਂ ਦੇ ਦੋਸ਼ਾਂ ਮੁਤਾਬਕ, ਘਟਨਾ ਦੌਰਾਨ ਬੱਚੀ ਬੇਹੋਸ਼ ਹੋ ਗਈ ਸੀ ਅਤੇ ਪਰਿਵਾਰਕ ਮੈਂਬਰਾਂ ਨੂੰ ਖ਼ੁਦ ਸਕੂਲ ਪਹੁੰਚ ਕੇ ਉਸ ਨੂੰ ਘਰ ਲਿਆਉਣਾ ਪਿਆ। ਇਸ ਤੋਂ ਬਾਅਦ ਉਸ ਦਾ ਹਸਪਤਾਲ ਵਿੱਚ ਇਲਾਜ ਕਰਵਾਇਆ ਗਿਆ। ਪਰਿਵਾਰ ਦਾ ਕਹਿਣਾ ਹੈ ਕਿ ਇਸ ਘਟਨਾ ਤੋਂ ਬਾਅਦ ਬੱਚੀ ਮਾਨਸਿਕ ਸਦਮੇ ਵਿੱਚ ਹੈ ਅਤੇ ਇਸ ਦਾ ਅਸਰ ਉਸ ਦੀ ਪੜ੍ਹਾਈ ’ਤੇ ਵੀ ਪੈ ਰਿਹਾ ਹੈ। ਮਾਪਿਆਂ ਨੇ ਸਬੰਧਤ ਉੱਚ ਅਧਿਕਾਰੀਆਂ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਜੇਕਰ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਸਬੰਧਤ ਅਧਿਆਪਕ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਨਾਬਾਲਗ ਬੱਚਿਆਂ ਦੀ ਸੁਰੱਖਿਆ ਅਤੇ ਸਿੱਖਿਆ ਦੇ ਮਾਹੌਲ ਨੂੰ ਯਕੀਨੀ ਬਣਾਉਣਾ ਸਕੂਲ ਪ੍ਰਬੰਧਕਾਂ ਦੀ ਜ਼ਿੰਮੇਵਾਰੀ ਹੈ ਅਤੇ ਇਸ ਮਾਮਲੇ ਵਿੱਚ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।
__________________________________ 
ਪ੍ਰਿੰਸੀਪਲ ਨੇ ਕੁੱਟਮਾਰ ਦੇ ਦੋਸ਼ ਨਕਾਰੇ
 
ਇਸ ਮਾਮਲੇ ਸਬੰਧੀ ਸ਼ਹੀਦ ਭਗਤ ਸਿੰਘ ਪਬਲਿਕ ਸਕੂਲ ਦੇ ਪ੍ਰਿੰਸੀਪਲ ਦਲਵੀਰ ਸਿੰਘ ਨਾਲ ਸੰਪਰਕ ਕਰਕੇ ਉਨ੍ਹਾਂ ਦਾ ਪੱਖ ਜਾਣਿਆ ਗਿਆ। ਉਨ੍ਹਾਂ ਨੇ ਵਿਦਿਆਰਥਣ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਬੱਚੀ ਪਹਿਲਾਂ ਵੀ ਸਿਹਤ ਸਬੰਧੀ ਸਮੱਸਿਆ ਕਾਰਨ ਕਈ ਵਾਰ ਬਿਮਾਰ ਹੋ ਚੁੱਕੀ ਹੈ। ਉਨ੍ਹਾਂ ਅਨੁਸਾਰ, ਇਸ ਵਾਰ ਵੀ ਜਦੋਂ ਬੱਚੀ ਦੀ ਸਿਹਤ ਵਿਗੜੀ ਤਾਂ ਅਧਿਆਪਕਾਂ ਨੇ ਉਸ ਨੂੰ ਪਾਣੀ ਪਿਲਾਇਆ ਅਤੇ ਸਕੂਲ ਦੇ ਦਫ਼ਤਰ ਵਿੱਚ ਬਿਠਾਇਆ। ਇਸ ਤੋਂ ਬਾਅਦ ਪਰਿਵਾਰ ਨਾਲ ਸੰਪਰਕ ਕਰਕੇ ਉਸ ਨੂੰ ਘਰ ਭੇਜ ਦਿੱਤਾ ਗਿਆ।
                    ਪ੍ਰਿੰਸੀਪਲ ਦਲਵੀਰ ਸਿੰਘ ਨੇ ਕਿਹਾ ਕਿ ਸਕੂਲ ਦਾ ਕੋਈ ਵੀ ਅਧਿਆਪਕ ਬੱਚਿਆਂ ਦੀ ਕੁੱਟਮਾਰ ਨਹੀਂ ਕਰਦਾ ਅਤੇ ਸਕੂਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇਣਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਕੂਲ ਪ੍ਰਬੰਧਕ ਪਰਿਵਾਰ ਦੇ ਸੰਪਰਕ ਵਿੱਚ ਹਨ ਅਤੇ ਆਪਸੀ ਗੱਲਬਾਤ ਰਾਹੀਂ ਸ਼ਿਕਵੇ ਦੂਰ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਫਿਲਹਾਲ ਇਸ ਮਾਮਲੇ ਵਿੱਚ ਪਰਿਵਾਰ ਵੱਲੋਂ ਲਗਾਏ ਗਏ ਦੋਸ਼ਾਂ ਅਤੇ ਸਕੂਲ ਪ੍ਰਬੰਧਕਾਂ ਵੱਲੋਂ ਦਿੱਤੇ ਗਏ ਸਪੱਸ਼ਟੀਕਰਨ ਤੋਂ ਬਾਅਦ ਨਿਰਪੱਖ ਜਾਂਚ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਹੈ, ਤਾਂ ਜੋ ਅਸਲ ਤੱਥ ਸਾਹਮਣੇ ਆ ਸਕਣ ਅਤੇ ਵਿਦਿਆਰਥਣ ਤੇ ਉਸ ਦੇ ਪਰਿਵਾਰ ਨੂੰ ਇਨਸਾਫ਼ ਮਿਲ ਸਕੇ