ਚੰਡੀਗੜ੍ਹ , 23 ਨਵੰਬਰ ,
ਪੁਰਾਣੀ ਪੈਨਸ਼ਨ ਬਹਾਲੀ ਲਈ ਸਮੂਹ ਕਰਮਚਾਰੀ ਹੋਣ ਆਰ ਪਾਰ ਦੀ ਲੜਾਈ ਲਈ ਤਿਆਰ ਹਨ ਜਿਸ ਦੀ ਲੜੀ ਤਹਿਤ ਸਾਂਝਾ ਮੰਚ ਪੰਜਾਬ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਮੁਕੰਮਲ ਬਹਾਲੀ ਦੀ ਮੰਗ ਨੂੰ ਲੈ ਕੇ ਮਿਤੀ 29 ਨਵੰਬਰ 2026, ਦਿਨ ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਸੁਨਾਮ ਸਥਿਤ ਰਿਹਾਇਸ਼ ਦੇ ਬਾਹਰ ਇੱਕ ਵਿਸ਼ਾਲ ਰੋਸ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਜਗਸੀਰ ਸਿੰਘ ਗਿੱਲ, ਰਾਜਬੀਰ ਸਿੰਘ ਢਿੱਲੋਂ, ਅਵਤਾਰ ਸਿੰਘ ਸੰਧੂ, ਅਜੀਤ ਸਿੰਘ ਸਿਹਤ ਵਿਭਾਗ, ਗੁਰਚਰਨ ਸਿੰਘ ਕਲਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਸੱਤਾ ਸੰਭਾਲਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਉਪਰੰਤ ਪਹਿਲੀ ਕੈਬਨਿਟ ਮੀਟਿੰਗ ਵਿੱਚ ਹੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਦਿੱਤੀ ਜਾਵੇਗੀ। ਪਰ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਬਾਅਦ ਪੁਰਾਣੀ ਪੈਨਸ਼ਨ ਸਬੰਧੀ ਇੱਕ ਅਧੂਰਾ ਨੋਟੀਫਿਕੇਸ਼ਨ ਜਾਰੀ ਕਰਕੇ ਆਪਣੀ ਜ਼ਿੰਮੇਵਾਰੀ ਤੋਂ ਪੱਲਾ ਝਾੜ ਲਿਆ ਗਿਆ ਹੈ। ਅੱਜ ਤੱਕ ਇਸ ਸਕੀਮ ਨੂੰ ਅਮਲੀ ਰੂਪ ਵਿੱਚ ਲਾਗੂ ਕਰਨ ਲਈ ਲੋੜੀਂਦੀ ਐੱਸ.ਓ.ਪੀ. ਜਾਰੀ ਨਹੀਂ ਕੀਤੀ ਗਈ। ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂਆਂ ਬਲਜਿੰਦਰ ਸਿੰਘ ਸੰਧੂ, ਨਿਰਵੈਰ ਸਿੰਘ, ਸੁਖਦੀਪ ਸਿੰਘ ਔਲਖ, ਨਿਸ਼ਾਨ ਸਿੰਘ ਕਿਹਾ ਕਿ ਸਰਕਾਰ ਦੀ ਇਸ ਨੀਤੀ ਕਾਰਨ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਵਿੱਚ ਭਾਰੀ ਨਿਰਾਸ਼ਾ ਅਤੇ ਰੋਸ ਪਾਇਆ ਜਾ ਰਿਹਾ ਹੈ। ਮੁਲਾਜ਼ਮ ਆਪਣੀ ਸਾਰੀ ਉਮਰ ਸਰਕਾਰੀ ਸੇਵਾ ਵਿੱਚ ਲਗਾਉਣ ਦੇ ਬਾਵਜੂਦ ਸੇਵਾਮੁਕਤੀ ਤੋਂ ਬਾਅਦ ਸਮਾਜਿਕ ਅਤੇ ਆਰਥਿਕ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਨਵੀਂ ਪੈਨਸ਼ਨ ਪ੍ਰਣਾਲੀ ਅਧੀਨ ਮੁਲਾਜ਼ਮਾਂ ਦਾ ਭਵਿੱਖ ਅਸੁਰੱਖਿਅਤ ਬਣਿਆ ਹੋਇਆ ਹੈ। ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਕੋਈ ਖੈਰਾਤ ਨਹੀਂ, ਸਗੋਂ ਮੁਲਾਜ਼ਮਾਂ ਦਾ ਜਾਇਜ਼ ਹੱਕ ਹੈ। ਜਦੋਂ ਤੱਕ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਨੂੰ ਪੂਰੀ ਤਰ੍ਹਾਂ ਲਾਗੂ ਨਹੀਂ ਕਰਦੀ ਅਤੇ ਇਸ ਸਬੰਧੀ ਸਪੱਸ਼ਟ ਹਦਾਇਤਾਂ ਜਾਰੀ ਨਹੀਂ ਕਰਦੀ, ਉਦੋਂ ਤੱਕ ਮੁਲਾਜ਼ਮਾਂ ਦਾ ਸੰਘਰਸ਼ ਜਾਰੀ ਰਹੇਗਾ । ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਪੰਜਾਬ ਵੱਲੋਂ ਪੰਜਾਬ ਦੇ ਸਮੂਹ ਮੁਲਾਜ਼ਮਾਂ, ਪੈਨਸ਼ਨਰਾਂ, ਵੱਖ-ਵੱਖ ਵਿਭਾਗਾਂ ਦੀਆਂ ਮੁਲਾਜ਼ਮ ਜਥੇਬੰਦੀਆਂ ਅਤੇ ਖ਼ਾਸ ਕਰਕੇ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਸਾਥੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਗਈ ਹੈ ਕਿ ਉਹ 29 ਨਵੰਬਰ ਨੂੰ ਸੁਨਾਮ ਵਿਖੇ ਹੋਣ ਵਾਲੀ ਇਸ ਵਿਸ਼ਾਲ ਰੋਸ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ।