ਅੱਜ ਦਾ ਦਿਨ:
ਲੋਕ
ਅਵਾਜ਼
Lok Awaz Tv
ਸੱਚੀ ਆਵਾਜ਼, ਲੋਕਾਂ ਲਈ
NEWS | PUNJAB | INDIA | WORLD
Breaking News
Home Punjab ਹਾੜ੍ਹੀ ਦੀਆਂ ਫਸਲਾਂ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲ...

ਹਾੜ੍ਹੀ ਦੀਆਂ ਫਸਲਾਂ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਤੇ ਖੇਤੀ ਪ੍ਰਦਰਸ਼ਨੀਆਂ ਆਯੋਜਿਤ

ਹਾੜ੍ਹੀ ਦੀਆਂ ਫਸਲਾਂ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਤੇ ਖੇਤੀ ਪ੍ਰਦਰਸ਼ਨੀਆਂ ਆਯੋਜਿਤ
ਕਿਸਾਨ ਮਾਹਿਰਾਂ ਦੀ ਸਲਾਹ ਅਨੁਸਾਰ ਖਾਦਾਂ ਤੇ ਦਵਾਈਆਂ ਦੀ ਵਰਤੋਂ ਕਰਨ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ
 
ਅੰਮ੍ਰਿਤਸਰ, 8 ਅਕਤੂਬਰ ,
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਹਾੜ੍ਹੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਅੱਜ ਇੰਦਰ ਫਾਰਮ, ਜੰਡਿਆਲਾ ਗੁਰੂ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਇਹ ਕੈਂਪ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ, ਡਾਇਰੈਕਟਰ ਖੇਤੀਬਾੜੀ ਡਾ. ਗੁਰਜੀਤ ਸਿੰਘ ਬਰਾੜ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ।
 
ਕੈਂਪ ਦਾ ਉਦਘਾਟਨ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਰੁਪਿੰਦਰਪਾਲ ਸਿੰਘ ਅਤੇ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਸ੍ਰੀ ਅਮਰਜੀਤ ਸਿੰਘ ਦੁਸਾਂਝ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਖੇਤੀ ਮਾਹਿਰ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
 
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਕਿਸਾਨ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਮਿੱਟੀ ਦੀ ਜਾਂਚ ਅਤੇ ਖੇਤੀ ਮਾਹਿਰਾਂ ਦੀ ਸਿਫ਼ਾਰਸ਼ ਅਨੁਸਾਰ ਹੀ ਕਰਨ। ਉਨ੍ਹਾਂ ਕਿਹਾ ਕਿ ਕਿਸਾਨ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਜਾ ਰਹੇ ਸਿਖਲਾਈ ਕੈਂਪਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਆਧੁਨਿਕ ਖੇਤੀ ਤਕਨੀਕਾਂ ਦੀ ਜਾਣਕਾਰੀ ਹਾਸਲ ਕਰਨ।
 
ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਨੂੰ ਖੇਤਾਂ ਤੱਕ ਪਹੁੰਚਾਉਣ ਲਈ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਨਾਲ ਕਿਸਾਨਾਂ ਨੂੰ ਵੱਡੀ ਸਹੂਲਤ ਮਿਲੀ ਹੈ। ਉਨ੍ਹਾਂ ਕਿਸਾਨਾਂ ਨੂੰ ਖੇਤੀ ਦੇ ਨਾਲ ਸਹਾਇਕ ਧੰਦੇ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ, ਤਾਂ ਜੋ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ।
 
ਕੈਂਪ ਦੌਰਾਨ ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਣਕਾਰੀ ਦਿੰਦਿਆਂ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿੱਚ ਮਿਲਾਉਣ ਜਾਂ ਸੁਚੱਜੇ ਢੰਗ ਨਾਲ ਸੰਭਾਲ ਕੇ ਅਗਲੀ ਫਸਲ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੋਣ ਦੇ ਨਾਲ ਮਿੱਟੀ ਦੀ ਉਪਜਾਊ ਸ਼ਕਤੀ ’ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ।
 
ਇਸ ਮੌਕੇ ਖੇਤੀਬਾੜੀ, ਗੰਨਾ, ਡੇਅਰੀ, ਭੂਮੀ ਰੱਖਿਆ, ਕੇ.ਵੀ.ਕੇ., ਖਾਦ, ਬੀਜ ਅਤੇ ਦਵਾਈਆਂ ਨਾਲ ਸਬੰਧਤ ਵਿਭਾਗਾਂ ਤੇ ਸੰਸਥਾਵਾਂ ਵੱਲੋਂ ਖੇਤੀ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਕਿਸਾਨਾਂ ਨੇ ਪ੍ਰਦਰਸ਼ਨੀਆਂ ਵਿੱਚ ਦਿਲਚਸਪੀ ਦਿਖਾਉਂਦਿਆਂ ਆਧੁਨਿਕ ਖੇਤੀ ਤਕਨੀਕਾਂ, ਫਸਲਾਂ ਦੀ ਕਾਸ਼ਤ ਅਤੇ ਸਹਾਇਕ ਧੰਦਿਆਂ ਬਾਰੇ ਜਾਣਕਾਰੀ ਹਾਸਲ ਕੀਤੀ।
 
ਇਸ ਮੌਕੇ ਖੇਤੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਵੱਖ-ਵੱਖ ਫਸਲਾਂ ਦੀ ਬਿਜਾਈ, ਖਾਦਾਂ ਦੀ ਸੰਤੁਲਿਤ ਵਰਤੋਂ, ਕੀੜੇ-ਮਕੌੜਿਆਂ ਦੀ ਰੋਕਥਾਮ, ਮਿੱਟੀ ਦੀ ਸਿਹਤ ਅਤੇ ਟਿਕਾਊ ਖੇਤੀ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਗਈ। ਸੰਯੁਕਤ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵੀ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ’ਤੇ ਜ਼ੋਰ ਦਿੱਤਾ ਗਿਆ।
 
ਸਮਾਗਮ ਦੌਰਾਨ ਪਿਛਲੇ ਸਾਲਾਂ ਵਿੱਚ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਏ ਬਿਨਾਂ ਪਰਾਲੀ ਦੀ ਸੁਚੱਜੀ ਸੰਭਾਲ ਕਰਨ ਵਾਲੇ ਕਿਸਾਨਾਂ ਅਤੇ ਪਿੰਡ ਕੋਟਲਾ ਬਥੂੰਗੜ੍ਹ ਦੀ ਪੰਚਾਇਤ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕੀਤੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
 
ਇਸ ਮੌਕੇ ਮਾਰਕੀਟ ਕਮੇਟੀ ਗਹਿਰੀ ਦੇ ਚੇਅਰਮੈਨ ਸ੍ਰੀ ਹਰਪਾਲ ਸਿੰਘ ਚੌਹਾਨ, ਮਾਰਕੀਟ ਕਮੇਟੀ ਮਹਿਤਾ ਦੇ ਚੇਅਰਮੈਨ ਸ੍ਰੀ ਲਖਵਿੰਦਰ ਸਿੰਘ, ਸ੍ਰੀ ਅਮਰੀਕ ਸਿੰਘ ਸੋਢੀ, ਸ੍ਰੀ ਜਗਰੂਪ ਸਿੰਘ ਗਿੱਲੀ, ਸ੍ਰੀ ਗੁਰਮੁਖ ਸਿੰਘ ਸਰਜਾ, ਸਰਪੰਚ ਸ੍ਰੀ ਗੁਰਦੀਪ ਸਿੰਘ ਸਮੇਤ ਖੇਤੀਬਾੜੀ ਵਿਭਾਗ ਦੇ ਅਧਿਕਾਰੀ, ਖੇਤੀ ਮਾਹਿਰ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।