ਸ਼੍ਰੋਮਣੀ ਅਕਾਲੀ ਦਲ ਦਾ ਫੈਸਲਾ ਪੰਥ ਅਤੇ ਪੰਜਾਬ ਦੇ ਹਿੱਤ ‘ਚ
ਫਗਵਾੜਾ 24 ਨਵੰਬਰ ,
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੂਬਾ ਮੀਤ ਪ੍ਰਧਾਨ ਸਰਦਾਰ ਅਵਤਾਰ ਸਿੰਘ ਭੁੰਗਰਨੀ ਅਤੇ ਐੱਸ.ਸੀ. ਵਿੰਗ ਪੰਜਾਬ ਦੇ ਮੀਤ ਪ੍ਰਧਾਨ ਸਰਦਾਰ ਬਲਜਿੰਦਰ ਸਿੰਘ ਠੇਕੇਦਾਰ (ਸਟੇਟ ਡੈਲੀਗੇਸ਼ਨ ਕਮੇਟੀ ਮੈਂਬਰ) ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੜ ਐਨ.ਡੀ.ਏ. ਵਿੱਚ ਸ਼ਾਮਲ ਹੋਣ ਦੇ ਕੀਤੇ ਐਲਾਨ ਦਾ ਸਵਾਗਤ ਕੀਤਾ ਹੈ। ਅੱਜ ਇੱਥੇ ਗੱਲਬਾਤ ਕਰਦਿਆਂ ਦੋਵਾਂ ਆਗੂਆਂ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਦਾ ਮੁੜ ਹੋਂਦ ਵਿੱਚ ਆਉਣਾ ਪੰਜਾਬ ਅਤੇ ਪੰਥ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਲਿਆ ਗਿਆ ਫੈਸਲਾ ਹੈ, ਜਿਸ ਦਾ ਸ਼੍ਰੋਮਣੀ ਅਕਾਲੀ ਦਲ ਦਾ ਹਰ ਅਹੁਦੇਦਾਰ ਅਤੇ ਮੈਂਬਰ ਦਿਲੋਂ ਸਵਾਗਤ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਅਨੇਕਾਂ ਗੰਭੀਰ ਚੁਣੌਤੀਆਂ ਨਾਲ ਜੂਝ ਰਿਹਾ ਹੈ। ਖਾਸ ਤੌਰ ਤੇ ਨਸ਼ਾ, ਬੇਰੁਜ਼ਗਾਰੀ, ਅਮਨ-ਕਾਨੂੰਨ ਦੀ ਸਥਿਤੀ ਅਤੇ ਪੰਜਾਬ ਦੇ ਹੱਕਾਂ ਨਾਲ ਜੁੜੇ ਮੁੱਦਿਆਂ ’ਤੇ ਮਜ਼ਬੂਤ ਸਿਆਸੀ ਇੱਛਾ ਸ਼ਕਤੀ ਅਤੇ ਠੋਸ ਅਗਵਾਈ ਦੀ ਲੋੜ ਹੈ। ਅਕਾਲੀ-ਭਾਜਪਾ ਗਠਜੋੜ ਪੰਜਾਬ ਨੂੰ ਇਨ੍ਹਾਂ ਸਮੱਸਿਆਵਾਂ ਤੋਂ ਬਾਹਰ ਕੱਢਣ ਅਤੇ ਸੂਬੇ ਵਿੱਚ ਵਿਕਾਸ, ਅਮਨ-ਸ਼ਾਂਤੀ ਤੇ ਖੁਸ਼ਹਾਲੀ ਦਾ ਨਵਾਂ ਦੌਰ ਸ਼ੁਰੂ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਸਰਦਾਰ ਭੁੰਗਰਨੀ ਅਤੇ ਸਰਦਾਰ ਠੇਕੇਦਾਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਹਰ ਵਰਕਰ ਗਠਜੋੜ ਦੀ ਮਜ਼ਬੂਤੀ ਲਈ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਕੰਮ ਕਰੇਗਾ। ਫਗਵਾੜਾ ਵਿਧਾਨ ਸਭਾ ਹਲਕੇ ਤੋਂ ਅਕਾਲੀ-ਭਾਜਪਾ ਗਠਜੋੜ ਵੱਲੋਂ ਜਿਸ ਵੀ ਉਮੀਦਵਾਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ, ਉਸ ਦੀ ਜਿੱਤ ਯਕੀਨੀ ਬਣਾਉਣ ਲਈ ਪਾਰਟੀ ਦਾ ਹਰ ਅਹੁਦੇਦਾਰ ਅਤੇ ਮੈਂਬਰ ਪੂਰੀ ਤਾਕਤ ਨਾਲ ਜੁਟੇਗਾ। ਦੋਵਾਂ ਆਗੂਆਂ ਨੇ ਸਪਸ਼ਟ ਕਿਹਾ ਕਿ ਗਠਜੋੜ ਦੇ ਐਲਾਨ ਅਤੇ ਭਾਜਪਾ ਲੀਡਰਸ਼ਿਪ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਭਰਾ ਸਵੀਕਾਰ ਕਰਨ ਦੇ ਨਾਲ ਸ. ਸੁਖਬੀਰ ਸਿੰਘ ਬਾਦਲ ਦਾ ਮੁੱਖ ਮੰਤਰੀ ਬਣਨਾ ਤੈਅ ਹੋ ਗਿਆ ਹੈ। ਉਹਨਾਂ ਭਰੋਸਾ ਜਤਾਇਆ ਕਿ 2027 ਦੀਆਂ ਪੰਜਾਬ ਵਿਧਾਨਸਭਾ ਚੋਣਾਂ ਤੋਂ ਬਾਅਦ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਮੁੜ ਵਿਕਾਸ ਅਤੇ ਖੁਸ਼ਹਾਲੀ ਦੀ ਰਾਹ ’ਤੇ ਅੱਗੇ ਵਧੇਗਾ। ਸਰਦਾਰ ਸੁਖਬੀਰ ਸਿੰਘ ਬਾਦਲ ਦੇ ਪੰਜਾਬ ਦੇ ਮੁੱਖ ਮੰਤਰੀ ਬਣਨ ਨਾਲ ਸੂਬੇ ਵਿੱਚ ਨਵੀਂ ਊਰਜਾ ਨਾਲ ਵਿਕਾਸ ਕਾਰਜ ਹੋਣਗੇ, ਪੰਜਾਬ ਦੇ ਹਿੱਤਾਂ ਦੀ ਮਜ਼ਬੂਤੀ ਨਾਲ ਪੈਰਵੀ ਹੋਵੇਗੀ ਅਤੇ ਸੂਬੇ ਨੂੰ ਉਸ ਦੀ ਪੁਰਾਣੀ ਪਛਾਣ ਤੇ ਸ਼ਾਨ ਵਾਪਸ ਦਿਵਾਉਣ ਲਈ ਪੂਰੀ ਦ੍ਰਿੜ੍ਹਤਾ ਨਾਲ ਯਤਨ ਕੀਤੇ ਜਾਣਗੇ।