ਅੱਜ ਦਾ ਦਿਨ:
ਲੋਕ
ਅਵਾਜ਼
Lok Awaz Tv
ਸੱਚੀ ਆਵਾਜ਼, ਲੋਕਾਂ ਲਈ
NEWS | PUNJAB | INDIA | WORLD
Breaking News
Home Politics ਨਸ਼ਿਆਂ ਅਤੇ ਭ੍ਰਿਸ਼ਟਾਚਾਰ ਨੂੰ ਲੈ ਕੇ ਵੀ ਭਗਵੰਤ ਮਾਨ...

ਨਸ਼ਿਆਂ ਅਤੇ ਭ੍ਰਿਸ਼ਟਾਚਾਰ ਨੂੰ ਲੈ ਕੇ ਵੀ ਭਗਵੰਤ ਮਾਨ ਸਰਕਾਰ ਤੇ ਸਾਧਿਆ ਨਿਸ਼ਾਨਾ

ਨਸ਼ਿਆਂ ਅਤੇ ਭ੍ਰਿਸ਼ਟਾਚਾਰ ਨੂੰ ਲੈ ਕੇ ਵੀ ਭਗਵੰਤ ਮਾਨ ਸਰਕਾਰ ਤੇ ਸਾਧਿਆ ਨਿਸ਼ਾਨਾ
ਗੈਂਗਸਟਰਾਂ ਦੀਆਂ ਫਿਰੌਤੀਆਂ, ਸਰਕਾਰੀ ਵਿਭਾਗਾਂ ਦੀ ਕਾਰਵਾਈ ਅਤੇ ਬਿਜਲੀ ਕੱਟਾਂ ਨੇ ਵਪਾਰ-ਸਨਅਤ ਦਾ ਲੱਕ ਤੋੜਿਆ : ਐਨ.ਕੇ.ਸ਼ਰਮਾ
 
ਸਮਾਣਾ, 7 ਅਕਤੂਬਰ ,
ਪੰਜਾਬ ਵਿੱਚ ਵਪਾਰੀਆਂ ਅਤੇ ਸਨਅਤਕਾਰਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਸਥਾਨਕ ਅਗਰਵਾਲ ਧਰਮਸ਼ਾਲਾ ਵਿਖੇ ਅਕਾਲੀ ਦਲ ਦੇ ਸਰਕਲ ਪ੍ਰਧਾਨ ਜਗਮੀਤ ਸਿੰਘ ਹਰਿਆਊ ਦੀ ਪ੍ਰਧਾਨਗੀ ਹੇਠ ਕਰਵਾਈ ਗਈ ਵਿਸ਼ੇਸ਼ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਵਪਾਰੀ ਪਹੁੰਚੇ ਅਤੇ ਆਪਣੀਆਂ ਸਮੱਸਿਆਵਾਂ ਰੱਖੀਆਂ। ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਐਨ. ਕੇ. ਸ਼ਰਮਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਰਮਾ ਨੇ ਪੰਜਾਬ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ ਅਤੇ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਵਪਾਰੀ ਵਰਗ ਲਗਾਤਾਰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਿਹਾ ਹੈ।
ਐਨ. ਕੇ. ਸ਼ਰਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਪੂਰੇ ਪੰਜਾਬ ਦਾ ਦੌਰਾ ਕਰਕੇ ਵਪਾਰੀਆਂ ਅਤੇ ਸਨਅਤਕਾਰਾਂ ਦੀਆਂ ਸਮੱਸਿਆਵਾਂ ਸੁਣਨ ਦੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਬਾਰੀਕੀ ਨਾਲ ਸਮਝਿਆ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਠੋਸ ਕਦਮ ਚੁੱਕੇ ਜਾਣਗੇ।
‘ਵਪਾਰੀਆਂ ਨੂੰ ਇੱਕ ਪਾਸੇ ਗੈਂਗਸਟਰਾਂ ਅਤੇ ਦੂਜੇ ਪਾਸੇ ਸਰਕਾਰੀ ਕਾਰਵਾਈ ਦਾ ਡਰ’
ਸ਼ਰਮਾ ਨੇ ਦੋਸ਼ ਲਗਾਇਆ ਕਿ ਪੰਜਾਬ ਵਿੱਚ ਵਪਾਰ ਦਾ ਮਾਹੌਲ ਲਗਾਤਾਰ ਖ਼ਰਾਬ ਹੋ ਰਿਹਾ ਹੈ। ਇੱਕ ਪਾਸੇ ਗੈਂਗਸਟਰਾਂ ਵੱਲੋਂ ਵਪਾਰੀਆਂ ਤੋਂ ਕਥਿਤ ਤੌਰ ’ਤੇ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਅਤੇ ਦੂਜੇ ਪਾਸੇ ਸਰਕਾਰੀ ਵਿਭਾਗਾਂ ਦੀ ਕਾਰਵਾਈ ਨੇ ਵਪਾਰੀਆਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਵਪਾਰੀਆਂ ਦੀ ਜਾਂਚ-ਪੜਤਾਲ ਦੇ ਨਾਂ ’ਤੇ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ’ਤੇ ਭਾਰੀ ਜੁਰਮਾਨੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮਾਹੌਲ ਵਿੱਚ ਵਪਾਰੀ ਆਪਣਾ ਕਾਰੋਬਾਰ ਵਧਾਉਣ ਦੀ ਬਜਾਏ ਸਰਕਾਰੀ ਕਾਰਵਾਈ ਤੋਂ ਬਚਣ ਵਿੱਚ ਲੱਗੇ ਹੋਏ ਹਨ।
ਉਨ੍ਹਾਂ ਬਿਜਲੀ ਦੇ ਲੰਮੇ ਕੱਟਾਂ ਦਾ ਮੁੱਦਾ ਵੀ ਚੁੱਕਦਿਆਂ ਕਿਹਾ ਕਿ ਇਸ ਦਾ ਪੰਜਾਬ ਦੀ ਸਨਅਤ ’ਤੇ ਮਾੜਾ ਪ੍ਰਭਾਵ ਪੈ ਰਿਹਾ ਹੈ। ਸ਼ਰਮਾ ਨੇ ਕਿਹਾ ਕਿ ਜੇਕਰ ਸਨਅਤਾਂ ਨੂੰ ਲਗਾਤਾਰ ਅਤੇ ਲੋੜੀਂਦੀ ਬਿਜਲੀ ਨਹੀਂ ਮਿਲੇਗੀ ਤਾਂ ਪੰਜਾਬ ਵਿੱਚ ਨਵੀਆਂ ਸਨਅਤਾਂ ਕਿਵੇਂ ਆਉਣਗੀਆਂ ਅਤੇ ਪੁਰਾਣੀਆਂ ਸਨਅਤਾਂ ਆਪਣਾ ਕਾਰੋਬਾਰ ਕਿਸ ਤਰ੍ਹਾਂ ਚਲਾ ਸਕਣਗੀਆਂ।
‘ਇਮਾਨਦਾਰ ਸਰਕਾਰ ਦਾ ਦਾਅਵਾ ਕਰਨ ਵਾਲੀ ਸਰਕਾਰ ’ਤੇ ਭ੍ਰਿਸ਼ਟਾਚਾਰ ਦੇ ਦੋਸ਼’
ਐਨ. ਕੇ. ਸ਼ਰਮਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਭ੍ਰਿਸ਼ਟਾਚਾਰ ਨੂੰ ਲੈ ਕੇ ਵੀ ਜ਼ੋਰਦਾਰ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨੂੰ ਇਮਾਨਦਾਰ ਸ਼ਾਸਨ ਦੇਣ ਦੇ ਵਾਅਦੇ ਕੀਤੇ ਗਏ ਸਨ, ਪਰ ਅੱਜ ਭ੍ਰਿਸ਼ਟਾਚਾਰ ਨੂੰ ਲੈ ਕੇ ਲਗਾਤਾਰ ਸਵਾਲ ਉੱਠ ਰਹੇ ਹਨ। ਸ਼ਰਮਾ ਨੇ ਦੋਸ਼ ਲਗਾਇਆ ਕਿ ਸਰਕਾਰੀ ਵਿਭਾਗਾਂ ਵਿੱਚ ਰਿਸ਼ਵਤਖੋਰੀ ’ਤੇ ਪ੍ਰਭਾਵਸ਼ਾਲੀ ਰੋਕ ਨਹੀਂ ਲੱਗ ਸਕੀ।
ਮੁੱਖ ਮੰਤਰੀ ਦੇ ਓ.ਐੱਸ.ਡੀ. ਰਾਜਵੀਰ ਸਿੰਘ ਨਾਲ ਜੁੜੇ ਮਾਮਲੇ ਵਿੱਚ ਸੀ.ਬੀ.ਆਈ. ਦੀ ਕਾਰਵਾਈ ਦਾ ਹਵਾਲਾ ਦਿੰਦਿਆਂ ਸ਼ਰਮਾ ਨੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਦਾਅਵਾ ਕੀਤਾ ਕਿ ਰਾਜਵੀਰ ਸਿੰਘ ਅਧਿਕਾਰੀਆਂ ਦੀਆਂ ਬਦਲੀਆਂ ਤੋਂ ਲੈ ਕੇ ਕਈ ਵੱਡੇ ਮਾਮਲਿਆਂ ਵਿੱਚ ਪ੍ਰਭਾਵ ਰੱਖਦਾ ਸੀ ਅਤੇ ਉਨ੍ਹਾਂ ਨੇ ਕਰੀਬ 10 ਹਜ਼ਾਰ ਕਰੋੜ ਰੁਪਏ ਦੇ ਘਪਲੇ ਦਾ ਦੋਸ਼ ਲਗਾਇਆ। ਸ਼ਰਮਾ ਨੇ ਦਾਅਵਾ ਕੀਤਾ ਕਿ ਇਹ ਪੂਰਾ ਮਾਮਲਾ ਮੁੱਖ ਮੰਤਰੀ ਨਿਵਾਸ ਤੱਕ ਪਹੁੰਚਦਾ ਸੀ।
‘ਨਸ਼ਾ ਖ਼ਤਮ ਕਰਨ ਦੇ ਦਾਅਵੇ, ਪਰ ਜ਼ਮੀਨੀ ਹਕੀਕਤ ਵੱਖਰੀ’
ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਵੀ ਐਨ. ਕੇ. ਸ਼ਰਮਾ ਨੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਨਸ਼ਾ ਖ਼ਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਪੱਧਰ ’ਤੇ ਸਥਿਤੀ ਇਸ ਦੇ ਉਲਟ ਹੈ। ਉਨ੍ਹਾਂ ਅਨੁਸਾਰ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਇਸ ਦੀ ਲਪੇਟ ਵਿੱਚ ਆ ਰਹੇ ਹਨ। ਉਨ੍ਹਾਂ ਸਰਕਾਰ ਤੋਂ ਨਸ਼ਿਆਂ ਦੇ ਨੈੱਟਵਰਕ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਕਰਨ ਅਤੇ ਨੌਜਵਾਨਾਂ ਨੂੰ ਬਚਾਉਣ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ।
ਮੀਟਿੰਗ ਦੌਰਾਨ ਵਪਾਰੀਆਂ ਨੇ ਕਾਰੋਬਾਰ ਨਾਲ ਸਬੰਧਤ ਵੱਖ-ਵੱਖ ਸਮੱਸਿਆਵਾਂ ਐਨ. ਕੇ. ਸ਼ਰਮਾ ਦੇ ਸਾਹਮਣੇ ਰੱਖੀਆਂ। ਇਸ ਮੌਕੇ ਜਥੇਦਾਰ ਅਮਰਜੀਤ ਸਿੰਘ ਪੰਜਰਥ,  ਦਰਸ਼ਨ ਮਿੱਤਲ ਪ੍ਰਧਾਨ ਅਗਰਵਾਲ ਧਰਮਸ਼ਾਲਾ ਸਮਾਣਾ, ਸੁਰੇਸ਼ ਸਿੰਗਲਾ ਭੋਲਾ, ਸਤੀਸ਼ ਕੁਮਾਰ ਪੱਪੀ ਦਿਆਲਗੜ੍ਹ ਵਾਲੇ, ਜਗਤਾਰ ਸਿੰਘ ਮਨਕੂ, ਮਹਿੰਦਰ ਸਿੰਘ ਧੀਮਾਨ, ਅਸ਼ੋਕ ਵਧਵਾ, ਨਵੀਨ ਮਿਨੋਚਾ, ਰਾਜੂ ਬੱਤਰਾ, ਦੀਪਕ ਤੁਲਾਨੀ, ਜੀਵਨ ਸਿੰਗਲਾ ਖੇੜੀ ਵਾਲੇ, ਚਰਨਜੀਤ ਕਾਲੜਾ ਕਾਲੂ, ਸੋਹਣ ਲਾਲ ਬੰਗਾ ਵਾਲੇ, ਅਸ਼ੋਕ ਬਾਂਸਲ, ਬਲਵਿੰਦਰ  ਸਿੰਘ ਦਾਨੀਪੁਰ, ਵਿਜੇ ਕੁਮਾਰ ਵਿਜੇ ਵਾਚ ਵਾਲੇ, ਗੋਪਾਲ ਸ਼ਰਮਾ, ਨਿਸ਼ਾਨ ਸਿੰਘ ਸੰਧੂ, ਅਜੈਬ ਸਿੰਘ ਮੱਲੀ, ਅਮਰਜੀਤ ਸਿੰਘ ਟੋਡਰਪੁਰ, ਹਰਸ਼ਵੀਰ ਸਿੰਘ ਵਿਰਕ, ਕੁਲਦੀਪ ਸਿੰਘ ਵਿਰਕ, ਸੁਖਵਿੰਦਰ ਸਿੰਘ ਦਾਨੀਪੁਰ ਆਦਿ ਹਾਜ਼ਰ ਸਨ।